ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

• ਮੁਲਜ਼ਮ ਨੇ ਜ਼ਬਤ ਕੀਤੇ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਸੀ ਰਿਸ਼ਵਤ
 ਚੰਡੀਗੜ੍ਹ, 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) Gurmeet ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. Gurmeet ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ Gurmeet ਸਿੰਘ  ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।