ਡਿਪਟੀ ਕਮਿਸ਼ਨਰ ਨੇ ਗਰਮੀਆਂ ਦੀਆਂ ਛੁੱਟੀਆਂ ਖਤਮ ਉਪਰੰਤ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸਕੂਲਾਂ ’ਚ ਸਾਫ-ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਛੁੱਟੀਆਂ ਖ਼ਤਮ ਹੋਣ ਤੋਂ ਪਹਿਲਾਂ ਮੁਕੰਮਲ ਕਰਨ ਲਈ ਕਿਹਾ

 Jalandhar-Manvir Singh Walia

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗਰਮੀਆਂ ਦੀਆਂ ਛੁੱਟੀਆਂ ਖਤਮ ਤੋਂ ਬਾਅਦ ਜ਼ਿਲ੍ਹੇ ਦੇ ਸਰਕਾਰੀ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਾਫ-ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਛੁੱਟੀਆਂ ਖਤਮ ਹੋਣ ਤੋਂ ਪਹਿਲਾਂ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਛੁੱਟੀਆਂ ਤੋਂ ਬਾਅਦ ਸਕੂਲ ਆਉਣ ’ਤੇ ਬੱਚਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਜੀ ਦਿਲਚਸਪੀ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰਵਾਉਣ ਲਈ ਕਿਹਾ।
ਇਸ ਦੌਰਾਨ ਡਾ. ਅਗਰਵਾਲ ਨੇ ਸਮੱਗਰਾ ਸਿੱਖਿਆ ਅਭਿਆਨ ਤਹਿਤ ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ, ਕਿਤਾਬਾਂ ਦੀ ਸਪਲਾਈ, ਜ਼ਿਲ੍ਹਾ ਪੱਧਰੀ ਰਿਸੋਰਸ ਸੈਂਟਰ ਅਤੇ ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੇ ਰਿਸੋਰਸ ਰੂਮਾਂ ਵਿੱਚ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ, ਵਰਦੀਆਂ ਦੀ ਵੰਡ ਆਦਿ ਦਾ ਜਾਇਜ਼ਾ ਵੀ ਲਿਆ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਗਾਈਡੈਂਸ ਕਾਊਂਸਲਰ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਉਣ ਲਈ ਛੁੱਟੀਆਂ ਖ਼ਤਮ ਹੋਣ ਉਪਰੰਤ ਸਕੂਲਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ।
ਇਸ ਤੋਂ ਇਲਾਵਾ ਉਨ੍ਹਾਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸਕੂਲ ਖੁੱਲ੍ਹਣ ਉਪਰੰਤ ਨਿਯਮਿਤ ਤੌਰ ’ਤੇ ਸਕੂਲਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹਰਜਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਸੁਰੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਗਾਈਡੈਂਸ ਕਾਊਂਸਲਰ ਸੁਰਜੀਤ ਲਾਲ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।