ਜਲੰਧਰ, 13 ਸਤੰਬਰ : Prime Punjab
ਜਲੰਧਰ / ਭੋਗਪੁਰ: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਭੋਗਪੁਰ ਦਾਣਾ ਮੰਡੀ ਸਾਹਮਣੇ ਦੇਰ ਰਾਤ ਕਰੀਬ 1 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ‘ਚ ਟਰੈਕਟਰ ਦੇ ਮਡਗਾਰਡ ‘ਤੇ ਬੈਠੇ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਸਾਥੀ ਗੰਭੀਰ ਜ਼ਖਮੀ ਹੋ ਗਿਆ।
ਮ੍ਰਿਤਕਾਂ ਦੀ ਪਛਾਣ ਬ੍ਰਿਜ ਮੋਹਨ ਪੁੱਤਰ ਰਾਮ ਕਲਾ ਸ਼ਰਮਾ (ਨਿਵਾਸੀ ਪੁਆਰਕਾ, ਸਹਾਰਨਪੁਰ) ਅਤੇ 53 ਸਾਲਾ ਮਹੀਪਾਲ (ਵਾਸੀ ਸਦਾਰਪੁਰਾ, ਥਾਣਾ ਗੰਗੂਹ, ਸਹਾਰਨਪੁਰ, UP) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਸ਼ਰਧਾਲੂ ਸਹਾਰਨਪੁਰ ਤੋਂ ਟਰੈਕਟਰ ‘ਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਸਨ ਅਤੇ ਮੱਥਾ ਟੇਕ ਕੇ ਵਾਪਸ ਆਪਣੇ ਘਰਾਂ ਨੂੰ ਪਰਤ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਉਛਲ ਕੇ ਸੜਕ ‘ਤੇ ਡਿੱਗ ਪਏ ਅਤੇ ਸਿਰ ‘ਚ ਗੰਭੀਰ ਸੱਟਾਂ ਤੇ ਜ਼ਿਆਦਾ ਖੂਨ ਵਹਿਣ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਅਤੇ ਭੋਗਪੁਰ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਜ਼ਖਮੀਆਂ ਨੂੰ ਤੁਰੰਤ ਭੋਗਪੁਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਦਾ ਇਲਾਜ ਜਾਰੀ ਹੈ।
ਭੋਗਪੁਰ ਥਾਣੇ ਦੇ ਜਾਂਚ ਅਧਿਕਾਰੀ ਤਲਵਿੰਦਰ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜਲੰਧਰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਈਵੇ ‘ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀ ਵਾਹਨ ਦਾ ਪਤਾ ਲਗਾਇਆ ਜਾ ਸਕੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।