ਮੋਗਾ, 28 ਸਤੰਬਰ : Prime Punjab
ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ‘ਚ ਤਾਇਨਾਤ SHO ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (PHG) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ‘ਚ ਜਾਲ ਵਿਛਾ ਕੇ ਕੀਤੀ।
ਵਿਜੀਲੈਂਸ ਬੁਲਾਰੇ ਅਨੁਸਾਰ ਪਿੰਡ ਨੂਰਪੁਰ ਹਕੀਮਾਂ ਦੇ ਇੱਕ ਨਿਵਾਸੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ PHG ਗੁਰਅਵਤਾਰ ਸਿੰਘ ਨੇ ਉਸ ਤੋਂ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਧਮਕੀ ਦਿੱਤੀ ਸੀ ਕਿ ਪੈਸੇ ਨਾ ਦਿੱਤੇ ਤਾਂ ਉਸ ਨੂੰ ਥਾਣੇ ‘ਚ ਪਹਿਲਾਂ ਤੋਂ ਦਰਜ ਇੱਕ ਮਾਮਲੇ ‘ਚ ਫਸਾ ਦਿੱਤਾ ਜਾਵੇਗਾ। ਬਾਅਦ ‘ਚ ਸੌਦਾ 80 ਹਜ਼ਾਰ ‘ਚ ਤੈਅ ਹੋਇਆ, ਜਿਸ ‘ਚੋਂ ਮੁਲਜ਼ਮ ਪਹਿਲਾਂ ਹੀ 20 ਹਜ਼ਾਰ ਲੈ ਚੁੱਕਾ ਸੀ ਅਤੇ ਬਾਕੀ 60 ਹਜ਼ਾਰ ਦੀ ਮੰਗ ਕਰ ਰਿਹਾ ਸੀ।
ਤਫ਼ਤੀਸ਼ ਦੌਰਾਨ ਖੁਲਾਸਾ ਹੋਇਆ ਕਿ ਇਸ ਰਿਸ਼ਵਤ ‘ਚੋਂ 50 ਹਜ਼ਾਰ ਦੀ ਕਿਸ਼ਤ ਸਿੱਧੇ ਤੌਰ ‘ਤੇ SHO ਸੁਨੀਤਾ ਬਾਵਾ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ। ਟੀਮ ਨੇ ਯੋਜਨਾ ਬਣਾ ਕੇ 50 ਹਜ਼ਾਰ ਰੁਪਏ ਦਿੰਦਿਆਂ ਹੀ SHO ਨੂੰ PHG ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ।
ਦੋਵਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਪਿਛਲੇ ਇੱਕ ਮਹੀਨੇ ‘ਚ ਇਹ ਤੀਜੀ ਵਾਰ ਹੈ ਜਦੋਂ ਕਿਸੇ SHO ਨੂੰ ਰਿਸ਼ਵਤ ਲੈਂਦਿਆਂ ਫੜਿਆ ਗਿਆ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।