Pages

Pages

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ – ਰੈੱਡ ਕਰਾਸ ਭਵਨ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ SFJ ਦੇ 2 ਕਾਰਕੁਨ ਗ੍ਰਿਫਤਾਰ, ਅੰਬੇਡਕਰ ਬੁੱਤ ਭੰਨਣ ਦਾ ਵੀ ਕੀਤਾ ਕਬੂਲ।

Director : Manvir Singh Walia 

Editor : Jatin Kumar Sahota 

ਜਲੰਧਰ, 08 ਅਕਤੂਬਰ : Prime Punjab 

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ‘ਤੇ ਜਲੰਧਰ ਦੇ ਰੈੱਡ ਕਰਾਸ ਭਵਨ ਦੀ ਕੰਧ ‘ਤੇ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦਾ ਦੋਸ਼ ਹੈ। ਇਸ ਦੀ ਜਾਣਕਾਰੀ ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ IPS ਨੇ ਅੱਜ 8 ਅਕਤੂਬਰ ਨੂੰ ਦਿੱਤੀ। ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ।

 

ਪੁਲਿਸ ਅਨੁਸਾਰ 29 ਸਤੰਬਰ 2026 ਨੂੰ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ ‘ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਸਨ, ਜਿਸ ਤੋਂ ਬਾਅਦ SFJ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਕੀਤੀ ਸੀ। ਪੁਲਿਸ ਨੇ ਤੁਰੰਤ ਥਾਣਾ ਡਵੀਜ਼ਨ ਨੰਬਰ 6 ਵਿਖੇ BNS ਦੀਆਂ ਧਾਰਾਵਾਂ 147, 152, 196, 61(2) ਅਤੇ IT ਐਕਟ 66F ਤਹਿਤ FIR ਨੰਬਰ 301 ਦਰਜ ਕੀਤੀ। DCP ਸਿਟੀ ਆਦਿਤਿਆ S ਵਾਰੀਅਰ ਅਤੇ DCP ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਟੀਮਾਂ ਨੇ ਦੋਵਾਂ ਨੂੰ ਕਾਬੂ ਕਰਕੇ ਵਾਰਦਾਤ ‘ਚ ਵਰਤੀ ਗਈ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕਰ ਲਈ ਹੈ।

 

ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਦੋਵਾਂ ਮੁਲਜ਼ਮਾਂ ਨੇ ਮੰਨਿਆ ਕਿ 14-15 ਸਤੰਬਰ ਦੀ ਰਾਤ ਨੂੰ ਉਹਨਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ ਸੀ। ਇਸ ਸਬੰਧੀ ਥਾਣਾ ਚੱਬੇਵਾਲ ‘ਚ ਪਹਿਲਾਂ ਹੀ BNS ਦੀ ਧਾਰਾ 298 ਤਹਿਤ FIR ਨੰਬਰ 130 ਮਿਤੀ 15.09.2026 ਨੂੰ ਦਰਜ ਹੈ।

 

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਪਹਿਲਾਂ ਤੋਂ ਹੀ ਅਪਰਾਧਿਕ ਰਿਕਾਰਡ ਹੈ ਅਤੇ ਉਹਨਾਂ ਖਿਲਾਫ ਅਸਲਾ ਐਕਟ ਅਤੇ NDPS ਐਕਟ ਤਹਿਤ ਕਈ ਮਾਮਲੇ ਦਰਜ ਹਨ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਸਾਜ਼ਿਸ਼ ‘ਚ ਸ਼ਾਮਲ ਹੋਰ ਸਾਥੀਆਂ ਅਤੇ ਵਿਦੇਸ਼ੀ ਫੰਡਿੰਗ ਦੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।