ਜਲੰਧਰ, 08 ਅਕਤੂਬਰ : Prime Punjab
ਜਲੰਧਰ ਦੇ ਫਿਲੌਰ ਨੇੜੇ ਪਿੰਡ ਦੋਸਾਂਝ ਕਲਾਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬੀ ਗਾਇਕ ਤੇ ਅਦਾਕਾਰ ਦਲਜੀਤ ਦੋਸਾਂਝ ਦੇ ਘਰ ਦੇ ਨੇੜੇ ਦੀਵਾਰਾਂ ‘ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਨਾਅਰੇ ਦਲਜੀਤ ਦੋਸਾਂਝ ਦੇ ਘਰ ਤੋਂ ਕਰੀਬ 100 ਗਜ਼ ਦੀ ਦੂਰੀ ‘ਤੇ ਇੱਕ ਗੁਆਂਢੀ ਦੇ ਘਰ ਦੀਆਂ ਕੰਧਾਂ ‘ਤੇ ਲਿਖੇ ਗਏ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਗੁਆਂਢੀ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ 4 ਵਿਅਕਤੀ ਜਿਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ, ਸਪਰੇਅ ਨਾਲ ਉਸਦੀ ਕੰਧ ‘ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖ ਕੇ ਫਰਾਰ ਹੋ ਗਏ। ਉਸਨੇ ਸਪੱਸ਼ਟ ਕੀਤਾ ਕਿ ਇਹ ਦਲਜੀਤ ਦੋਸਾਂਝ ਦਾ ਘਰ ਨਹੀਂ ਹੈ ਅਤੇ ਉਸਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਘਟਨਾ ਤੋਂ ਬਾਅਦ ਪੰਚਾਇਤ ਨੇ ਮੌਕੇ ‘ਤੇ ਪਹੁੰਚ ਕੇ ਨਾਅਰਿਆਂ ਨੂੰ ਮਿਟਾ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਭਰਤ ਮਸੀਹ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ ਜਲੰਧਰ ਦੇ ਰੈੱਡ ਕਰਾਸ ਭਵਨ ‘ਤੇ ਵੀ ਅਜਿਹੇ ਹੀ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ, ਜਿਸ ‘ਚ ਪੁਲਿਸ ਨੇ SFJ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਸੀ। ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਪੁਲਿਸ ਇਸ ਨੂੰ ਸ਼ਰਾਰਤੀ ਅਨਸਰਾਂ ਦੀ ਸਾਜ਼ਿਸ਼ ਜਾਂ SFJ ਨਾਲ ਜੁੜਿਆ ਮਾਮਲਾ ਹੋਣ ਦੇ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।





More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।