Pages

Pages

ਸੰਗਰੂਰ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, 25 ਹਜ਼ਾਰ ਰਿਸ਼ਵਤ ਲੈਂਦਾ ASI ਤਰਸੇਮ ਲਾਲ ਰੰਗੇ ਹੱਥੀਂ ਕਾਬੂ।

ਸੰਗਰੂਰ 03 November : Prime Punjab 

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ‘ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਅੱਜ ਚੰਡੀਗੜ੍ਹ ‘ਚ ਵਿਜੀਲੈਂਸ ਬਿਊਰੋ ਵੱਲੋਂ ਸਾਂਝੀ ਕੀਤੀ ਗਈ।

 

ਵਿਜੀਲੈਂਸ ਬੁਲਾਰੇ ਅਨੁਸਾਰ ਅਨਾਜ ਮੰਡੀ ਭਵਾਨੀਗੜ੍ਹ ਦੇ ਵਸਨੀਕ ਨੇ ਸ਼ਿਕਾਇਤ ਦਿੱਤੀ ਸੀ ਕਿ ASI ਤਰਸੇਮ ਲਾਲ ਨੇ ਕਿਸੇ ਹੋਰ ਕੇਸ ‘ਚ ਉਸ ਨੂੰ ਗ੍ਰਿਫਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਦਿੱਤੀ ਸੀ।

 

ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।

 

ਮੁਲਜ਼ਮ ASI ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ। ਵਿਜੀਲੈਂਸ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।