ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ।

Director : Manvir Singh Walia 

Editor : Jatin Sahota

ਜਲੰਧਰ , 12 ਮਈ : Prime Punjab 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ। ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ।

 

ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ” ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।”

 

ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ”।