Pages

Pages

ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ: ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ।

ਜਲੰਧਰ, 19 ਅਗਸਤ : Prime Punjab 

ਕੌਮੀ ਇਨਸਾਫ ਮੋਰਚੇ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੋਰਚੇ ਅਨੁਸਾਰ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਸਾਰੀਆਂ ਆਵਾਜਾਈ ਸੇਵਾਵਾਂ ਪ੍ਰਭਾਵਤ ਹੋਣਗੀਆਂ, ਪਰ ਐਮਰਜੈਂਸੀ ਸੇਵਾਵਾਂ ਪਹਿਲ ਵਾਂਗ ਚੱਲਦੀਆਂ ਰਹਿਣਗੀਆਂ।

 

ਮੋਰਚੇ ਨੇ ਸੂਬੇ ਦੀਆਂ ਵਪਾਰਕ ਜਥੇਬੰਦੀਆਂ, ਸਮਾਜਿਕ ਅਤੇ ਸਿੱਖਿਅਕ ਸੰਸਥਾਵਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਕਾਰਨ ਸੂਬੇ ਭਰ ਦੇ ਬਾਜ਼ਾਰ, ਸਕੂਲ ਅਤੇ ਕਾਲਜ ਬੰਦ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਅਜੇ ਤੱਕ ਸਿੱਖਿਆ ਵਿਭਾਗ ਵੱਲੋਂ ਕੋਈ ਅਧਿਕਾਰਤ ਹੁਕਮ ਜਾਰੀ ਨਹੀਂ ਹੋਇਆ। ਇਸ ਤੋਂ ਇਲਾਵਾ ਬੱਸ ਅਤੇ ਰੇਲ ਸੇਵਾਵਾਂ ਵੀ ਪ੍ਰਭਾਵਤ ਹੋ ਸਕਦੀਆਂ ਹਨ।

 

ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਕਈ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ‘ਚ ਬੰਦ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ‘ਚ ਉਮਰ ਕੈਦ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦੇਣ ਦੀ ਵੀ ਮੰਗ ਕੀਤੀ ਹੈ। ਮੋਰਚਾ ਲੋਕਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਬੰਦ ਦੀ ਪਾਲਣਾ ਕਰਨ ਲਈ ਜਾਗਰੂਕ ਕਰ ਰਿਹਾ ਹੈ।

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਾਰੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਉਨ੍ਹਾਂ ਦੀ ਪਹਿਲਾਂ ਤੋਂ ਤੈਅ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੀ 21 ਦੀ ਥਾਂ 22 ਅਗਸਤ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ SGPC ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਹਰ ਸੰਘਰਸ਼ ਦੇ ਨਾਲ ਖੜ੍ਹੀ ਹੈ।