Pages

Pages

ਅੰਮ੍ਰਿਤਸਰ ‘ਚ ਵੱਡੀ ਸਫਲਤਾ: 10 ਕਿਲੋ ਹੈਰੋਇਨ, 2 AK-47 ਰਾਈਫਲਾਂ ਸਮੇਤ 3 ਤਸਕਰ ਕਾਬੂ, ਵਿਦੇਸ਼ੀ ਕਨੈਕਸ਼ਨ ਦਾ ਖੁਲਾਸਾ।

ਅੰਮ੍ਰਿਤਸਰ, 29 ਸਤੰਬਰ : Prime Punjab 

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਅਤੇ ਹਥਿਆਰ ਤਸਕਰੀ ਦੇ ਨੈੱਟਵਰਕ ਦਾ ਵੱਡਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ, 2 ਏ.ਕੇ. ਰਾਈਫਲਾਂ, 4 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਵਿੱਚੋਂ ਇੱਕ ਮੰਨੀ ਜਾ ਰਹੀ ਹੈ।

 

ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਤਿੰਨੇ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਤਸਕਰਾਂ ਦੇ ਸਿੱਧੇ ਸੰਪਰਕ ‘ਚ ਸਨ। ਉਹ ਸਰਹੱਦ ਪਾਰੋਂ ਡਰੋਨ ਰਾਹੀਂ ਆਏ ਨਸ਼ੇ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਪਲਾਈ ਕਰਦੇ ਸਨ। ਪੁਲਿਸ ਸੂਤਰਾਂ ਮੁਤਾਬਕ ਇਹ ਨੈੱਟਵਰਕ ਪਾਕਿਸਤਾਨ ਬੇਸਡ ਸਮੱਗਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ।

 

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ NDPS ਐਕਟ ਅਤੇ ਅਸਲਾ ਐਕਟ ਤਹਿਤ FIR ਦਰਜ ਕਰ ਲਈ ਗਈ ਹੈ। ਡੀਜੀਪੀ ਪੰਜਾਬ ਨੇ ਖੁਦ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।

 

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ‘ਚ ਸਰਹੱਦੀ ਜ਼ਿਲ੍ਹਿਆਂ ‘ਚ ਡਰੋਨ ਰਾਹੀਂ ਹੈਰੋਇਨ ਅਤੇ AK-47 ਦੀ ਤਸਕਰੀ ਦੀਆਂ ਘਟਨਾਵਾਂ ਤੇਜ਼ ਹੋਈਆਂ ਹਨ। ਪੰਜਾਬ ਪੁਲਿਸ ਨੇ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਗੈਂਗਸਟਰ-ਅੱਤਵਾਦੀ ਨੈਕਸਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।