Pages

Pages

ਬਰਨਾਲਾ ‘ਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ – ਵਿਜੀਲੈਂਸ ਨੇ ਵਿਛਾਇਆ ਜਾਲ।

ਬਰਨਾਲਾ, 16 ਅਕਤੂਬਰ : Prime Punjab 

ਪੰਜਾਬ ‘ਚ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜ਼ਿਲ੍ਹਾ ਬਰਨਾਲਾ ਦੇ ਤਪਾ ਮਾਲ ਦਫ਼ਤਰ ‘ਚ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਅੱਜ 16 ਅਕਤੂਬਰ ਨੂੰ ਵਿਜੀਲੈਂਸ ਟੀਮ ਵੱਲੋਂ ਕੀਤੀ ਗਈ।

 

ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਪਾ ਤਹਿਸੀਲ ਦੇ ਪਿੰਡ ਭੋਤਨਾ ਦੇ ਇੱਕ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਟਵਾਰੀ ਮਨੀਸ਼ ਕੁਮਾਰ 30 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਰਿਸ਼ਵਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਉਸਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ।

 

ਸ਼ਿਕਾਇਤ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਜਦੋਂ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ 30 ਹਜ਼ਾਰ ਰੁਪਏ ਫੜੇ ਤਾਂ ਟੀਮ ਨੇ ਉਸਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਰਿਸ਼ਵਤ ਦੀ ਰਕਮ ਵੀ ਮੌਕੇ ਤੋਂ ਬਰਾਮਦ ਕਰ ਲਈ ਗਈ ਹੈ।

 

ਇਸ ਸਬੰਧੀ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਰਿਸ਼ਵਤ ਮੰਗਦਾ ਹੈ ਤਾਂ ਉਸਦੀ ਸ਼ਿਕਾਇਤ ਵਿਜੀਲੈਂਸ ਨੂੰ ਦਿੱਤੀ ਜਾਵੇ।