ਪਟਿਆਲਾ, 19 ਅਕਤੂਬਰ : Prime Punjab
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਡਾ. ਬਲਬੀਰ ਸਿੰਘ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਨ ਪਹੁੰਚੇ। ਦੋਹਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ‘ਚ ਪਰਿਵਾਰਾਂ ਨਾਲ ਖੜ੍ਹੀ ਹੈ।
ਮੰਤਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹਾਦਸੇ ‘ਚ ਜਾਨ ਗਵਾਉਣ ਵਾਲੇ 8 ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਅਤੇ ਹਸਪਤਾਲ ‘ਚ ਦਾਖਲ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਖਾਣ-ਪੀਣ ਦਾ ਪ੍ਰਬੰਧ ਵੀ ਸਰਕਾਰ ਕਰੇਗੀ। ਡਾਕਟਰਾਂ ਨੂੰ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਭਿਆਨਕ ਹਾਦਸਾ 18 ਅਕਤੂਬਰ ਨੂੰ ਸ਼ਾਮ ਸਾਢੇ 4 ਵਜੇ ਜਾਖਲ-ਲਹਿਰਾਗਾਗਾ ਸੜਕ ‘ਤੇ ਪਿੰਡ ਅਲੀਸ਼ੇਰ ਵਿਖੇ ਵਾਪਰਿਆ ਸੀ। ਮਨਰੇਗਾ ਵਰਕਰ ਸੜਕ ਕਿਨਾਰੇ ਬੂਟੇ ਲਾਉਣ ਅਤੇ ਸਫਾਈ ਦਾ ਕੰਮ ਕਰ ਰਹੇ ਸਨ, ਜਦੋਂ ਪਾਣੀ ਪੀਣ ਲਈ ਰੁਕੇ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 8 ਵਰਕਰਾਂ ਦੀ ਮੌਤ ਹੋ ਗਈ ਜਦਕਿ 12 ਜ਼ਖਮੀ ਹੋ ਗਏ। 5 ਗੰਭੀਰ ਜ਼ਖਮੀ ਮਹਿਲਾਵਾਂ ਰਜਿੰਦਰਾ ਹਸਪਤਾਲ ‘ਚ ਦਾਖਲ ਹਨ ਅਤੇ ਬਾਕੀਆਂ ਦਾ ਸੰਗਰੂਰ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਾਪਰਵਾਹੀ ਨਾਲ ਵਾਪਰੇ ਇਸ ਹਾਦਸੇ ‘ਚ 8 ਪਰਿਵਾਰਾਂ ਦੇ ਚਿਰਾਗ ਬੁਝ ਗਏ ਹਨ, ਦੋਸ਼ੀ ਕਾਰ ਚਾਲਕ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਹਾਲਤ ‘ਚ ਸੁਧਾਰ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਇਸ ਮੌਕੇ ਡਾਇਰੈਕਟਰ-ਪ੍ਰਿੰਸੀਪਲ ਡਾ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਸਮੇਤ ਕਈ ਅਧਿਕਾਰੀ ਹਾਜ਼ਰ ਸਨ।




More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।