Pages

Pages

ਪਰਵਿੰਦਰ ਝੋਟਾ ਕਤਲ ਕਾਂਡ CBI ਨੂੰ ਸੌਂਪਿਆ – ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ CM ਮਾਨ ਦਾ ਵੱਡਾ ਫੈਸਲਾ।

ਮਾਨਸਾ, 20 ਅਕਤੂਬਰ : Prime Punjab 

ਮਾਨਸਾ ਦੇ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਸਵੇਰੇ ਇਸ ਕੇਸ ਦੀ ਜਾਂਚ CBI ਤੋਂ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਆਇਆ ਹੈ, ਜਿੱਥੇ ਅਮਿਤ ਸ਼ਾਹ ਪੀੜਤ ਪਰਿਵਾਰ ਨੂੰ ਵੀ ਮਿਲਣਗੇ ਅਤੇ ਲੁਧਿਆਣਾ ‘ਚ ਦੁਸਹਿਰਾ ਸਮਾਗਮ ‘ਚ ਸ਼ਾਮਲ ਹੋਣਗੇ।

 

CM ਮਾਨ ਨੇ X ‘ਤੇ ਪੋਸਟ ਪਾ ਕੇ ਕਿਹਾ ਕਿ ਉਹ ਝੋਟਾ ਦੇ ਪਿਤਾ ਅਤੇ ਪਰਿਵਾਰ ਨਾਲ ਖੜੇ ਹਨ ਜੋ ਨਸ਼ਿਆਂ ਖਿਲਾਫ ਲੜ ਰਹੇ ਸਨ। ਪਰਿਵਾਰ ਦੀ ਮੰਗ ‘ਤੇ ਹੀ ਕੇਸ CBI ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਰਕਾਰ ਦੀ ਲੜਾਈ ਆਰ-ਪਾਰ ਦੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੋ ਵੀ ਸਖਤ ਕਦਮ ਚੁੱਕਣੇ ਪਏ ਉਹ ਚੁੱਕੇ ਜਾਣਗੇ। ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਇਸਨੂੰ ਸਰਕਾਰ ਦਾ ਵੱਡਾ ਕਦਮ ਦੱਸਿਆ।

 

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ‘ਚ ਦਿਨ-ਦਿਹਾੜੇ ਪਰਵਿੰਦਰ ਝੋਟਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੋਸ਼ ਹੈ ਕਿ ਉਹ ਇੱਕ ਮੈਡੀਕਲ ਸਟੋਰ ‘ਤੇ ਨਸ਼ੀਲੀਆਂ ਦਵਾਈਆਂ ਵੇਚਣ ਦਾ ਵਿਰੋਧ ਕਰਨ ਗਏ ਸਨ ਤਾਂ ਦੁਕਾਨ ਮਾਲਕ ਅਸ਼ਵਨੀ ਕੁਮਾਰ ਨੇ ਗੁੱਸੇ ‘ਚ ਆ ਕੇ ਉਨ੍ਹਾਂ ‘ਤੇ ਫਾਇਰਿੰਗ ਕਰ ਦਿੱਤੀ। ਇਸ ਘਟਨਾ ਦੀ ਦਿਲ ਦਹਿਲਾਉਣ ਵਾਲੀ ਵੀਡੀਓ ਵੀ ਸਾਹਮਣੇ ਆਈ ਸੀ। ਪਰਵਿੰਦਰ ਲੰਬੇ ਸਮੇਂ ਤੋਂ ਨਸ਼ੇ ਖਿਲਾਫ ਮੁਹਿੰਮ ਚਲਾ ਰਹੇ ਸਨ।

 

ਇਸ ਕਤਲ ਤੋਂ ਬਾਅਦ ਪੰਜਾਬ ‘ਚ ਲੋਕਾਂ ‘ਚ ਭਾਰੀ ਰੋਸ ਹੈ, ਜਿਸਦੇ ਚਲਦਿਆਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਕਾਰਵਾਈ ਕਰਦਿਆਂ ਮਾਨਸਾ ਦੀ SHO ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ, ਦੋਸ਼ੀ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਚੁਰੂ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਉਸਦੇ ਘਰ ਤੇ ਮੈਡੀਕਲ ਸਟੋਰ ‘ਤੇ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ ਸੀ।