ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ

ਆ਼ਯੂਸ਼ਮਾਨ ਯੋਜਨਾ ਤਹਿਤ ਹੋਰ ਹਸਪਤਾਲਾਂ ਨੂੰ ਇੰਪੈਨਲਡ ਕਰਨ ਲਈ ਕਿਹਾ

ਜਲੰਧਰ-
ਭਾਰਤ ਦੇ ਕਾਨੂੰਨ ਤੇ ਨਿਆਂ, ਸੰਸਦੀ ਮਾਮਲਿਆਂ ਅਤੇ ਸੱਭਿਆਚਾਰ ਬਾਰੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ਲਈ ਕਿਹਾ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਲੋਕ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੇਂਦਰੀ ਯੋਜਨਾਵਾਂ ਦੇ ਲਾਭਪਾਤਰੀਆਂ ਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਪ੍ਰਸ਼ਾਸਨ ਵੱਲੋਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਦਿਆਂ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ’ਤੇ ਤਸੱਲੀ ਪ੍ਰਗਟ ਕੀਤੀ।

ਸ਼੍ਰੀ ਮੇਘਵਾਲ ਨੇ ਕੌਮੀ ਸ਼ਹਿਰੀ ਆਜੀਵਿਕਾ ਮਿਸ਼ਨ, ਪੀਐਮ ਸਵੈਨਿਧੀ, ਪੀਐਮ ਆਵਾਸ ਯੋਜਨਾ ਸ਼ਹਿਰੀ ਤੇ ਗ੍ਰਾਮੀਣ, ਸਮਾਰਟ ਸਿਟੀ ਪ੍ਰਾਜੈਕਟ, ਸਵੱਛ ਭਾਰਤ ਮਿਸ਼ਨ ਸ਼ਹਿਰੀ ਤੇ ਗ੍ਰਾਮੀਣ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਕਿਸਾਨ ਸਨਮਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਉਜਵਲਾ ਯੋਜਨਾ ਆਦਿ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਉਨਾਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ 89.80 ਫੀਸਦੀ ਪਰਿਵਾਰਾਂ ਨੂੰ ਕਵਰ ਕੀਤੇ ਜਾਣ ’ਤੇ ਤਸੱਲੀ ਪ੍ਰਗਟ ਕਰਦਿਆਂ ਇਸ ਸਕੀਮ ਤਹਿਤ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਇੰਪੈਨਲਡ ਕਰਨ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਪੀ.ਐਮ. ਵਿਸ਼ਵਕਰਮਾ ਯੋਜਨਾ, ਕਿਸਾਨ ਕ੍ਰੈਡਿਟ ਕਾਰਡ ਆਦਿ ਸਕੀਮਾਂ ਸਮੇਤ ਹੋਰ ਵਿਕਾਸ ਮੁਖੀ ਕਾਰਜਾਂ ਦੇ ਪੱਧਰ ਦੀ ਵੀ ਸਮੀਖਿਆ ਕੀਤੀ।
ਉਨਾਂ ਇਹ ਵੀ ਕਿਹਾ ਕਿ ਸਮੇਂ-ਸਮੇਂ ’ਤੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਦੱਸਣ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਹਰੇਕ ਯੋਗ ਬਿਨੈਕਾਰ ਨੂੰ ਯੋਜਨਾਵਾਂ ਦਾ ਲਾਭ ਮਿਲ ਸਕੇ ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਲੋਕਾਂ ਨੂੰ ਇਨ੍ਹਾਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਸਕਣ।

ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿਤਿਆ ਉੱਪਲ , ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐਸ.ਡੀ.ਐਮ. ਜੈ ਇੰਦਰ ਸਿੰਘ, ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।