Skip to content
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਨਾਮਜ਼ਦਗੀਆਂ ਬਾਰੇ ਦਿੱਤੀ ਜਾਣਕਾਰੀ
ਡੀਸੀ ਕੋਰਟ ਰੂਮ ’ਚ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ ਨਾਮਜ਼ਦਗੀਆਂ
ਡੀਸੀ ਕੋਰਟ ਰੂਮ ਤੋਂ 100 ਮੀਟਰ ਦੇ ਘੇਰੇ ਅੰਦਰ ਕੇਵਲ 3 ਗੱਡੀਆਂ ਲੈ ਕੇ ਜਾਣ ਦੀ ਹੋਵੇਗੀ ਪ੍ਰਵਾਨਗੀ
ਕਾਗਜ਼ ਦਾਖ਼ਲ ਕਰਨ ਵੇਲੇ ਡੀਸੀ ਕੋਰਟ ਰੂਮ ’ਚ ਉਮੀਦਵਾਰ ਸਮੇਤ ਕੇਵਲ 5 ਵਿਅਕਤੀ ਹੋ ਸਕਣਗੇ ਦਾਖ਼ਲ
ਜਲੰਧਰ, 6 ਮਈ-Manvir Singh Walia
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਜਲੰਧਰ ਲੋਕ ਸਭਾ ਚੋਣ ਹਲਕੇ ਲਈ ਕੱਲ 7 ਮਈ ਤੋਂ ਸ਼ੁਰੂ ਹੋਣ ਜਾ ਰਹੀ ਨਾਮਜ਼ਦਗੀ ਪ੍ਰਕਿਰਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਚੁੱਕੇ ਹਨ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਜ਼ਟ ਨੋਟੀਫਿਕੇਸ਼ਨ ਕੱਲ 7 ਮਈ ਨੂੰ ਜਾਰੀ ਹੋ ਜਾਵੇਗਾ, ਜਿਸ ਤੋਂ ਬਾਅਦ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਜਦਕਿ ਕਾਗਜ਼ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਨੋਟਿਸ ਦੀ ਮਿਤੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ ਤੱਕ (11 ਤੇ 12 ਮਈ ਨੂੰ ਛੁੱਟੀ ਵਾਲੇ ਦਿਨ ਛੱਡ ਕੇ) ਡੀ.ਸੀ. ਕੋਰਟ ਰੂਮ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਨਾਮਜ਼ਦਗੀ ਪ੍ਰਕਿਰਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਡੀਸੀ ਕੋਰਟ ਰੂਮ ਵਿਖੇ ਲੋੜੀਂਦੇ ਪ੍ਰਬੰਧਾਂ ਤੋਂ ਇਲਾਵਾ ਸੁਰੱਖਿਆ, ਪਾਰਕਿੰਗ ਆਦਿ ਇੰਤਜ਼ਾਮਾਂ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਭਰਨ ਸਮੇਂ ਡੀਸੀ ਕੋਰਟ ਰੂਮ ਤੋਂ 100 ਮੀਟਰ ਦੇ ਘੇਰੇ ਅੰਦਰ ਕੇਵਲ ਤਿੰਨ ਗੱਡੀਆਂ ਲੈ ਕੇ ਜਾਣ ਦੀ ਪ੍ਰਵਾਨਗੀ ਹੋਵੇਗੀ। ਡੀਸੀ ਕੋਰਟ ਰੂਮ ਵਿੱਚ ਕਾਗਜ਼ ਦਾਖ਼ਲ ਕਰਨ ਵੇਲੇ ਕਮਰੇ ਵਿੱਚ ਉਮੀਦਵਾਰ ਸਮੇਤ ਕੇਵਲ 5 ਵਿਅਕਤੀਆਂ ਦੇ ਦਾਖ਼ਲ ਹੋਣ ਦੀ ਹੀ ਆਗਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਲਈ ਆਉਣ ਵਾਲਿਆਂ ਦੀ ਐਂਟਰੀ ਪੁਲਿਸ ਕਮਿਸ਼ਨਰ ਦੇ ਦਫ਼ਤਰ ਵਾਲੇ ਪਾਸੇ ਤੋਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਚੋਣ ਦਫ਼ਤਰ ਤੋਂ ਵੀ (ਪੰਜਾਬੀ ਤੇ ਅੰਗਰੇਜ਼ੀ ਦੋਵਾਂ ਭਸ਼ਾਵਾਂ ਵਿੱਚ) ਪ੍ਰਾਪਤ ਕੀਤੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਨੂੰ ਸਬੰਧਤ ਉਮੀਦਵਾਰ ਵੱਲੋਂ ਜਾਂ ਉਸਦੇ ਪ੍ਰਪੋਜ਼ਰ ਵੱਲੋਂ ਨਿਜੀ ਤੌਰ ’ਤੇ ਹਾਜ਼ਰ ਹੋ ਕੇ ਫਾਈਲ ਕੀਤਾ ਜਾ ਸਕਦਾ ਹੈ ਅਤੇ ਯਕੀਨੀ ਬਣਾਇਆ ਜਾਵੇ ਕਿ ਫਾਰਮ ਸਾਈਨ ਕੀਤਾ ਹੋਇਆ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਲਫ਼ਨਾਮਾ (ਫਾਰਮ ਨੰ. 26) ਦੇ ਸਾਰੇ ਕਾਲਮ ਭਰੇ ਹੋਏ ਹੋਣੇ ਚਾਹੀਦੇ ਹਨ ਅਤੇ ਇਹ ਨੋਟਰੀ ਤੋਂ ਤਸਦੀਕ ਹੋਣਾ ਚਾਹੀਦਾ ਹੈ। ਉਮੀਦਵਾਰਾਂ ਵੱਲੋਂ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ ਨਾਮਜ਼ਦਗੀ ਕਾਗਜ਼ਾਂ ਵਿੱਚ ਸ਼ਾਮਲ ਕਰਨਾ ਲਾਜ਼ਮੀ ਹੈ।
ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਰੈਲੀ/ਮਾਰਚ ਕਰਨ ਤੋਂ ਪਹਿਲਾਂ ਸਬੰਧਤ ਖੇਤਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਕੋਲੋਂ ਪ੍ਰਵਾਨਗੀ ਜ਼ਰੂਰੀ ਹੈ ਅਤੇ ਇਸ ਸਬੰਧੀ ਪੁਲਿਸ ਵਿਭਾਗ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਆਪਣੀ ਨਾਮਜ਼ਦਗੀ ਦੀ ਮਿਤੀ ਤੋਂ ਚੋਣ ਨਤੀਜਿਆਂ ਦੇ ਐਲਾਨ ਦੀ ਮਿਤੀ ਤੱਕ ਚੋਣ ਖਰਚੇ ਦਾ ਹਿਸਾਬ-ਕਿਤਾਬ ਰੱਖਣਾ ਜ਼ਰੂਰੀ ਹੈ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਚੋਣ ਖਰਚੇ ਲਈ ਇਕ ਵੱਖਰਾ ਬੈਂਕ ਖਾਤਾ ਖੋਲ੍ਹ ਲਿਆ ਜਾਵੇ ਅਤੇ ਇਸ ਖਾਤੇ ਰਾਹੀਂ ਹੀ ਸਾਰੇ ਖਰਚੇ ਕੀਤੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ/ਉਮੀਦਵਾਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਾਮਜ਼ਦਗੀ ਪੱਤਰ ਲੈਣ ਲਈ ਸਹਾਇਕ ਰਿਟਰਨਿੰਗ ਅਫ਼ਸਰ ਹਲਕਾ ਕਰਤਾਰਪੁਰ-ਕਮ-ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ ਸਿੰਘ ਨੂੰ ਵੀ ਅਧਿਕਾਰਤ ਕੀਤਾ ਗਿਆ ਹੈ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
More Stories
के छात्रों का जे.ई.ई. मेन्स-1 (जनवरी-2025) में शानदार प्रदर्शन: एकमबीर ने हासिल किए 99.8 एनटीए स्कोर
ਪੁਲਿਸ ਕਮਿਸ਼ਨਰ ਜਲੰਧਰ ਨੇ ਪੁਲਿਸਿੰਗ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 1 ਅਤੇ ਸਦਰ ਜਲੰਧਰ ਦਾ ਅਚਾਨਕ ਨਿਰੀਖਣ ਕੀਤਾ।
अमेरिका से भारतीयों को डिपोर्ट करने का मामला: पंजाब पुलिस की विशेष जांच टीम द्वारा ट्रैवल एजेंटों के खिलाफ 8 एफआईआरज दर्ज